ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਜ਼ਿਲ੍ਹੇ ਵਿੱਚ ਸ਼ਾਨਦਾਰ ਆਗਾਜ਼
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਮਾਜਰੀ ਤੇ ਖਰੜ ਵਿਖੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ
‘ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਖੇਡ ਭਾਵਨਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਉਤਸ਼ਾਹਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ’: ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ.
ਖਰੜ/ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ 4′ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਖਰੜ ਅਤੇ ਮਾਜਰੀ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਕੱਲ ਦੋਪਹਿਰ ਵਾਦ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲ
ਡੀ ਨੇ ਬਲਾਕ ਮਾਜਰੀ ਅਤੇ ਖਰੜ ਵਿਖੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਅਤੇ ਅੱਗੇ ਵਧਣ ਲਈ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ।
ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਵਾਲੀਬਾਲ, ਫੁੱਟਬਾਲ, ਖੋ-ਖੋ, ਐਥਲੈਟਿਕਸ ਅਤੇ ਕ੍ਰਿਕਟ (ਟੈਨਿਸ ਬਾਲ) ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲਿਆ।
ਵਾਲੀਬਾਲ ਦੇ ਅੰਡਰ-14 ਵਰਗ ਵਿੱਚ ਬਲਾਕ ਮਾਜਰੀ ਦੀ ਕੁਰਾਲੀ ਟੀਮ ਨੇ ਪਹਿਲਾ ਸਥਾਨ, ਖਿਜਰਾਬਾਦ ਦੀ ਟੀਮ ਨੇ ਦੂਜਾ ਸਥਾਨ ਅਤੇ ਰਤਵਾੜਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਿੰਡ ਰਤਵਾੜਾ ਦੀ ਟੀਮ ਨੇ ਪਹਿਲਾ, ਪਿੰਡ ਮੁੱਲਾਂਪੁਰ ਗਰੀਬਦਾਸ ਦੀ ਟੀਮ ਨੇ ਦੂਜਾ ਅਤੇ ਪਿੰਡ ਮਧੂਸੰਗਤੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।
ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਗਿਆ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਅਗਲੇ ਪੜਾਅ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਰਾਜ ਪੱਧਰ ’ਤੇ ਜੇਤੂ ਰਹਿਣ ਵਾਲੀਆਂ ਟੀਮਾਂ/ਖਿਡਾਰੀਆਂ ਨੂੰ ਸਰਕਾਰ ਵੱਲੋਂ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 10,000 ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 7,000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਪਹੁੰਚ ਕੇ ਚੱਲ ਰਹੇ ਖੇਡ ਮੁਕਾਬਲਿਆਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਖੇਡ ਭਾਵਨਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। (ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਇਨਪੁਟ ਨਾਲ)