ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ........ - News On Radar India
News around you

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ……..

..........ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ

ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ, ਮੋਹਰੀ ਬਣਾਉਣ ਦਾ ਸੰਕਲਪ

130

 ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਇਸ ਮੌਕੇ ਵਿਚਾਰ-ਚਰਚਾ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਸੂਬਾ ਹੈ ਅਤੇ ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦ ‘ਤੇ ਆਵਾਜਾਈ ਠੱਪ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਬਹੁਤ ਪ੍ਰਭਾਵਿਤ ਹੋ ਰਹੀਆਂ ਹਨ। ਵਫ਼ਦ ਨੇ ਇਸ ਰਸਤੇ ਤੋਂ ਆਵਾਜਾਈ ਖੋਲ੍ਹਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਤਾਂ ਜੋ ਕਾਰੋਬਾਰ ਸੁਚਾਰੂ ਢੰਗ ਨਾਲ ਹੋ ਸਕੇ।

ਇਸ ਦੌਰਾਨ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਦੀ ਸਹੂਲਤ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲਿਆਂ ਨੂੰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਕੋਲ ਨਿੱਜੀ ਤੌਰ ‘ਤੇ ਉਠਾਉਣਗੇ ਤਾਂ ਜੋ ਕਾਰੋਬਾਰ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 94,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤ ਅਤੇ ਵਧੀਆ ਉਦਯੋਗਿਕ ਅਤੇ ਕੰਮ ਸੱਭਿਆਚਾਰ ਵਾਲੇ ਸਾਜ਼ਗਾਰ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ।

You might also like

Comments are closed.

Join WhatsApp Group